ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜਨ ਮਾਲ ਲੋਕ ਅਦਾਲਤ ਸੋਮਵਾਰ ਨੂੰ

  • By admin
  • March 17, 2023
  • 0
ਮਾਲ ਵਿਭਾਗ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ, ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ 17 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ 20 ਮਾਰਚ ਦਿਨ ਸੋਮਵਾਰ ਨੂੰ ਜਲੰਧਰ ਵਿਖੇ ਜਨ ਮਾਲ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਵਿੱਚ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜਾਵੇਗੀ।

ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨ ਮਾਲ ਲੋਕ ਅਦਾਲਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਜਾਵੇਗੀ, ਜਿਸ ਵਿੱਚ ਲੋਕਾਂ ਦੀਆਂ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਸੁਣਵਾਈ ਕਰਕੇ ਮੌਕੇ ’ਤੇ ਨਿਪਟਾਰਾ ਕੀਤਾ ਜਾਵੇਗਾ। ਇਸ ਦੌਰਾਨ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਿਭਾਗ ਨਾਲ ਸਬੰਧਤ ਸਕੀਮਾਂ, ਕੰਮਕਾਜ ਅਤੇ ਦਫ਼ਤਰਾਂ ਆਦਿ ਦਾ ਨਿਰੀਖਣ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਮੁੱਚੇ ਸਰਕਲ ਰੈਵੇਨਿਊ ਅਫ਼ਸਰ ਜਨ ਮਾਲ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਮੌਜੂਦ ਰਹਿਣਗੇ।

ਜਨ ਮਾਲ ਲੋਕ ਅਦਾਲਤ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਦਾਲਤ ਲਗਾਉਣ ਸਬੰਧੀ ਢੁੱਕਵੇਂ ਇੰਤਜ਼ਾਮ ਯਕੀਨੀ ਬਣਾਏ ਜਾਣ ਤਾਂ ਜੋ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜਨ ਮਾਲ ਲੋਕ ਅਦਾਲਤ ਦੌਰਾਨ ਸੁਰੱਖਿਆ, ਮੈਡੀਕਲ ਟੀਮਾਂ ਦੀ ਤਾਇਨਾਤੀ, ਸੁਚਾਰੂ ਟ੍ਰੈਫਿਕ ਵਿਵਸਥਾ, ਪਾਰਕਿੰਗ, ਫਾਇਰ ਟੈਂਡਰ ਸਮੇਤ ਹੋਰ ਲੋੜੀਂਦੇ ਬੰਦੋਬਸਤ ਸਮੇਂ ਸਿਰ ਯਕੀਨੀ ਬਣਾਏ ਜਾਣ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ।

Leave a Reply

Your email address will not be published. Required fields are marked *