
ਜਲੰਧਰ 18 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਅਕਾਦਮਿਕ ਅਤੇ ਖੇਡਾਂ ਦੇ ਨਾਲ-ਨਾਲ ਸੰਗੀਤ ਦੇ ਖੇਤਰ ਵਿਚ ਪ੍ਰਾਪਤੀਆਂ ਕਰਕੇ ਜਾਣੀ ਜਾਂਦੀ ਹੈ। ਇਸੇ ਹੀ ਲੜੀ ਦੇ ਅੰਤਰਗਤ ਕਾਲਜ ਦੇ ਪੋਸਟ ਗਰੈਜੂਏਟ ਸੰਗੀਤ ਵਿਭਾਗ ਵਲੋਂ ਦੋ ਦਿਨਾਂ ਸੰਗੀਤਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਐਚ.ਐਮ.ਵੀ. ਕਾਲਜ ਜਲੰਧਰ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਪ੍ਰੇਮ ਸਾਗਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਵਰਕਸ਼ਾਪ ਵਿਚ ਡਾ. ਪ੍ਰੇਮ ਸਾਗਰ ਵਲੋਂ ਵਿਦਿਆਰਥੀਆਂ ਨੂੰ ਸੰਗੀਤ ਦੀਆਂ ਬਾਰੀਕੀਆਂ ਬਾਰੇ ਵਿਸਥਾਰਪੁਰਵਕ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਸ਼ੇਸ਼ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਗੀਤ ਵਿਚ ਹੋਰ ਵੀ ਅਭਿਆਸ ਕਰਨ ਦੇ ਲਈ ਪ੍ਰੇਰਿਆ। ਇਸ ਮੌਕੇ ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਸੁਖਦੇਵ ਸਿੰਘ, ਪ੍ਰੋ. ਰੁਪਾਲੀ, ਪ੍ਰੋ. ਪ੍ਰਭਦੀਪ ਕੌਰ, ਪ੍ਰੋ. ਗੁਣਵੀਰ ਸਿੰਘ ਅਤੇ ਅਕਾਸ਼ ਸ਼ਰਮਾ ਵੀ ਸ਼ਾਮਿਲ ਸਨ।