
ਵਿਧਾਇਕਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਸਮੁੱਚੇ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼
ਜਲੰਧਰ 27 ਮਈ (ਜਸਵਿੰਦਰ ਸਿੰਘ ਆਜ਼ਾਦ)- ਭਗਤ ਕਬੀਰ ਜੀ ਦਾ ਪ੍ਰਕਾਸ਼ ਉਤਸਵ 14 ਜੂਨ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਤੋਂ ਇਕ ਦਿਨ ਪਹਿਲਾਂ 13 ਜੂਨ ਨੂੰ ਸ਼ਹਿਰ ਵਿੱਚ ਸ਼ੋਭਾ ਯਾਤਰਾ ਸਜਾਈ ਜਾਵੇਗੀ।
ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੱਖੀ ਮੀਟਿੰਗ ਦੌਰਾਨ ਵਿਧਾਇਕ ਸ਼ੀਤਲ ਅੰਗੂਰਾਲ ਤੇ ਰਮਨ ਅਰੋੜਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ ਤਾਂ ਜੋ ਸਮਾਗਮ ਅਤੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਵਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੇ ਭਰੋਸਾ ਦਿਵਾਇਆ ਕਿ ਪ੍ਰਕਾਸ਼ ਉਤਸਵ ਅਤੇ ਇਸ ਸਬੰਧ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਲੋੜੀਂਦੇ ਬੰਦੋਬਸਤ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨਿਸ਼ਚਿਤ ਕੀਤੀਆਂ ਗਈਆਂ ਹਨ ਤਾਂ ਜੋ ਪ੍ਰਬੰਧਾਂ ਪਖੋਂ ਕਿਸੇ ਕਿਸਮ ਦੀ ਕੋਈ ਕਮੀ ਨਾ ਰਹੇ ।
ਮੀਟਿੰਗ ਵਿੱਚ ਨਗਰ ਨਿਗਮ ਜਲੰਧਰ ਨੂੰ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ ਅਤੇ ਸਜਾਵਟ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਸਮਾਗਮ ਦੌਰਾਨ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ, ਦਵਾਈਆਂ, ਐਂਬੂਲੈਂਸ ਤਾਇਨਾਤ ਕਰਨ, ਫਾਇਰ ਵਿਭਾਗ ਨੂੰ ਫਾਇਰ ਬ੍ਰਿਗੇਡ ਦੇ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਪੁਲਿਸ ਨੂੰ ਟਰੈਫਿਕ ਵਿਵਸਥਾ ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਗਲੀ ਮੀਟਿੰਗ 7 ਜੂਨ ਨੂੰ ਕੀਤੀ ਜਾਵੇਗੀ ।
ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।