ਸਿਵਲ ਹਸਪਤਾਲ ’ਚ ਖੋਲ੍ਹਿਆ ਜਾਵੇਗਾ ਜਨ ਔਸ਼ਧੀ ਸਟੋਰ

  • By admin
  • August 31, 2022
  • 0
ਜਨ ਔਸ਼ਧੀ ਸਟੋਰ

ਲੋਕਾਂ ਨੂੰ ਸਸਤੀਆਂ ਦਰਾਂ ’ਤੇ ਮਿਲਣਗੀਆਂ ਜੈਨਰਿਕ ਤੇ ਮਿਆਰੀ ਦਵਾਈਆਂ

ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ’ਚ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਵਧੇਰੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਏ ਅਹਿਮ ਫੈਸਲੇ

ਜਲੰਧਰ 31 ਅਗਸਤ (ਜਸਵਿੰਦਰ ਸਿੰਘ ਆਜ਼ਾਦ)- ਮਰੀਜ਼ਾਂ ਨੂੰ ਸਸਤੀਆਂ ਦਰਾਂ ’ਤੇ ਜੈਨਰਿਕ ਅਤੇ ਮਿਆਰੀ ਦਵਾਈਆਂ ਮੁਹੱਈਆ ਕਰਵਾਉਣ ਲਈ ਬੁੱਧਵਾਰ ਨੂੰ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ’ਚ ਸਿਵਲ ਹਸਪਤਾਲ ਜਲੰਧਰ ਵਿਖੇ ਜਨ ਔਸ਼ਧੀ ਸਟੋਰ ਖੋਲ਼੍ਹਣ ਦੇ ਮਤੇ ਨੂੰ ਪ੍ਰਵਾਨਗੀ ਦਿੱਤੀ ਗਈ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੌਰਾਨ ਮੌਜੂਦ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਸਿਵਲ ਹਸਪਤਾਲ ਵਿਖੇ ਜਨ ਔਸ਼ਧੀ ਸਟੋਰ ਖੋਲ੍ਹਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਲੋਕਾਂ ਨੂੰ ਮਹਿੰਗੀਆਂ ਦਵਾਈਆਂ ਖਰੀਦਣ ਲਈ ਮਜਬੂਰ ਨਹੀਂ ਹੋਣਾ ਪਵੇਗਾ। ਸਸਤੇ ਰੇਟਾਂ ’ਤੇ ਜੈਨਰਿਕ ਅਤੇ ਮਿਆਰੀ ਦਵਾਈਆਂ ਮਿਲਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ । ਸਮਿਤੀ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਉਂਦਿਆਂ ਵਿਧਾਇਕ ਨੇ ਕਿਹਾ ਕਿ ਸਿਵਲ ਹਸਪਤਾਲ ਵਿਖੇ ਜਨ ਔਸ਼ਧੀ ਸਟੋਰ ਖੋਲ੍ਹਣ ਵਿੱਚ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਇਹ ਸਹੂਲਤ ਲੋਕਾਂ ਲਈ ਜਲਦੀ ਤੋਂ ਜਲਦੀ ਉਪਲਬਧ ਹੋ ਸਕੇ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਰੋਗੀ ਕਲਿਆਣ ਸਮਿਤੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੀ ਭਲਾਈ ਲਈ ਬਣਾਈ ਗਈ ਹੈ, ਜਿਸ ਤਹਿਤ ਪ੍ਰਾਪਤ ਫੰਡਜ਼ ਨੂੰ ਸਿਰਫ਼ ਲੋੜਵੰਦ ਮਰੀਜ਼ਾਂ ਦੀ ਭਲਾਈ ਲਈ ਹੀ ਖਰਚ ਕੀਤਾ ਜਾਵੇ। ਮੀਟਿੰਗ ਦੌਰਾਨ ਸਿਵਲ ਹਸਪਤਾਲ ਵਿੱਚ ਲੋਕਾਂ ਖਾਸ ਕਰ ਮਰੀਜ਼ਾਂ ਦੀ ਸਹੂਲਤ ਲਈ ਸਾਈਨੇਜ ਲਾਉਣ ਦੇ ਨਾਲ-ਨਾਲ ਹਸਪਤਾਲ ਦੇ ਪਾਰਕ ਅਤੇ ਪ੍ਰਵੇਸ਼ ਦੇ ਸੁੰਦਰੀਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਜੱਚਾ-ਬੱਚਾ ਸਿਹਤ ਕੇਂਦਰ ਸਿਵਲ ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਲਈ ਬੈਠਣ ਦੀ ਵਿਵਸਥਾ ਵਿੱਚ ਹੋਰ ਵਾਧਾ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੱਚਾ-ਬੱਚਾ ਸਿਹਤ ਕੇਂਦਰ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਾਉਣ ਦਾ ਕੰਮ ਚੱਲ ਰਿਹਾ ਹੈ, ਜੋ ਕਿ ਜਲਦ ਮੁਕੰਮਲ ਕਰ ਲਿਆ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਯੋਤੀ ਸ਼ਰਮਾ, ਮੈਡੀਕਲ ਸੁਪਰਡੰਟ ਡਾ. ਰਾਜੀਵ ਸ਼ਰਮਾ ਅਤੇ ਸਮਿਤੀ ਦੇ ਹੋਰ ਮੈਂਬਰ ਮੌਜੂਦ ਸਨ।

ਨਸ਼ਾ ਛੁਡਾਊ ਕੇਂਦਰਾਂ ਤੇ ਮੁੜ ਵਸੇਬਾ ਸੈਂਟਰ ਦੀ ਕਾਰਗੁਜ਼ਾਰੀ ਦਾ ਵੀ ਲਿਆ ਜਾਇਜ਼ਾ

ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੌਰਾਨ ਵਿਧਾਇਕ ਰਮਨ ਅਰੋੜਾ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਸੈਂਟਰ ਅਤੇ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਕੇਂਦਰ ਨਸ਼ਿਆਂ ਦੇ ਆਦੀ ਵਿਅਕਤੀਆਂ ਦੀ ਜ਼ਿੰਦਗੀ ਵਿੱਚ ਤਬਦੀਲੀ ਲਿਆਉਣ ਲਈ ਬੇਹੱਦ ਸਹਾਈ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਰਾਹੀਂ ਮੁਹੱਈਆ ਕਰਵਾਏ ਜਾ ਰਹੇ ਇਲਾਜ ਸਦਕਾ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਿਆਂ ਤੋਂ ਨਿਜਾਤ ਪਾਉਣ ਵਿੱਚ ਮਦਦ ਮਿਲ ਰਹੀ ਹੈ।

ਇਸ ਦੌਰਾਨ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 26 ਨਵੇਂ ਆਊਟਪੇਸ਼ੈਂਟ ਓਪੀਓਡ ਅਸਿਸਟਡ ਟ੍ਰੀਟਮੈਂਟ (ਓਟ) ਸੈਂਟਰ ਸਥਾਪਤ ਕੀਤੇ ਗਏ ਹਨ, ਜਦਕਿ 11 ਸੈਂਟਰ ਪਹਿਲਾਂ ਹੀ ਚੱਲ ਰਹੇ ਹਨ। ਓਟ ਸੈਂਟਰਾਂ ਵਿੱਚ ਨਸ਼ਿਆਂ ਦੇ ਆਦੀ 16820 ਵਿਅਕਤੀਆਂ ਨੂੰ ਰਜਿਸਟਰ ਕਰਕੇ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ ਸਿਵਲ ਹਸਪਤਾਲ, ਜਲੰਧਰ ਵਿਖੇ 50 ਬਿਸਤਰਿਆਂ ਵਾਲਾ ਅਤੇ ਕਮਿਊਨਿਟੀ ਹੈਲਥ ਸੈਂਟਰ ਨੂਰਮਹਿਲ ਵਿਖੇ 10 ਬਿਸਤਰਿਆਂ ਵਾਲਾ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ ਅਤੇ ਪਿੰਡ ਸ਼ੇਖੇ ਵਿਖੇ ਸਥਿਤ ਮੁੜ ਵਸੇਬਾ ਕੇਂਦਰ ਵਿਖੇ ਵੀ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ ਕੀਤਾ ਜਾਂਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮੁੜ ਵਸੇਬਾ ਕੇਂਦਰ ਵਿਖੇ ਸਕਿਓਰਿਟੀ ਗਾਰਡ ਅਤੇ ਵਾਰਡ ਅਟੈਂਡੈਂਟ ਦੀ ਮੰਗ ਨੂੰ ਸਹਿਮਤੀ ਵੀ ਪ੍ਰਦਾਨ ਕੀਤੀ ਗਈ।

Leave a Reply

Your email address will not be published. Required fields are marked *