ਜਲੰਧਰ ਲੋਕ ਸਭਾ ਜਿਮਨੀ ਚੋਣ : ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ

  • By admin
  • April 11, 2023
  • 0
ਜਲੰਧਰ

ਜ਼ਿਲ੍ਹੇ ਦੇ 1972 ਪੋਲਿੰਗ ਬੂਥਾਂ ‘ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਤਿੰਨ ਪੋਲਿੰਗ ਅਫ਼ਸਰ ਹੋਣਗੇ ਤਾਇਨਾਤ : ਡਿਪਟੀ ਕਮਿਸ਼ਨਰ

ਜਲੰਧਰ 11 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਮੰਗਲਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੌਰਾਨ ਤਾਇਨਾਤ ਕੀਤੀਆਂ ਜਾਣ ਵਾਲੀਆਂ ਪੋਲਿੰਗ ਪਾਰਟੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਮਨੀ ਚੋਣ ਲਈ 10 ਮਈ 2023 ਨੂੰ ਵੋਟਾਂ ਪੈਣਗੀਆਂ, ਜਿਸ ਦੇ ਲਈ 13 ਤੋਂ 20 ਅਪ੍ਰੈਲ ਤੱਕ ਨਾਮਜ਼ਦਗੀਆਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 21 ਅਪ੍ਰੈਲ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ। ਉਪਰੰਤ 24 ਅਪ੍ਰੈਲ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।

ਪੋਲਿੰਗ ਪਾਰਟੀਆਂ ਦੀ ਰੈਂਡਮਾਈਜ਼ੇਸ਼ਨ ਐਨ.ਆਈ.ਸੀ. ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ ਹੈ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਰੈਂਡਮਾਈਜ਼ੇਸ਼ਨ ਐਨ.ਆਈ.ਸੀ. ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1972 ਪੋਲਿੰਗ ਬੂਥ ਸਥਾਪਤ ਹੋਣਗੇ, ਜਿਥੇ ਹਰੇਕ ਬੂਥ ‘ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਤਿੰਨ ਪੋਲਿੰਗ ਅਫ਼ਸਰਾਂ ਦੀ ਨਿਯੁਕਤੀ ਲਈ ਲੋੜੀਂਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਨੂੰ ਅਲਾਟ ਕੀਤੇ ਗਏ ਚੋਣ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਵੱਲੋਂ ਨਿਰਧਾਰਿਤ ਕੀਤੇ ਟ੍ਰੇਨਿੰਗ ਵਾਲੇ ਸਥਾਨ ‘ਤੇ 16 ਅਪ੍ਰੈਲ ਨੂੰ ਪਹਿਲੀ ਸਿਖਲਾਈ ਦੌਰਾਨ ਚੋਣ ਡਿਊਟੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾਵੇਗਾ।

ਇਸ ਉਪਰੰਤ ਦੂਜੀ, ਤੀਜੀ ਅਤੇ ਚੌਥੀ ਤੇ ਆਖਰੀ ਟ੍ਰੇਨਿੰਗ ਕ੍ਰਮਵਾਰ 25 ਅਪ੍ਰੈਲ, 30 ਅਪ੍ਰੈਲ ਅਤੇ 9 ਮਈ ਨੂੰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਭਗ 11 ਹਜ਼ਾਰ ਪੋਲਿੰਗ ਕਰਮਚਾਰੀਆਂ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ।

ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਸਹਾਇਕ ਕਮਿਸ਼ਨਰ (ਯੂ.ਟੀ.) ਮੇਜਰ ਡਾ. ਇਰਵਿਨ ਕੌਰ, ਜ਼ਿਲ੍ਹਾ ਇਨਫਰਮੇਟਿਕਸ ਅਫ਼ਸਰ ਰਣਜੀਤ ਸਿੰਘ ਆਦਿ ਵੀ ਮੌਜੂਦ ਸਨ।

Leave a Reply

Your email address will not be published. Required fields are marked *