ਸ਼੍ਰੀ ਵਾਲਮੀਕਿ ਤੀਰਥ ਦੇ ਸੰਤ ਨਛੱਤਰ ਨਾਥ ਸ਼ੇਰਗਿੱਲ ਨੇ ਸ਼ਰਧਾਲੂਆਂ ਸਮੇਤ ਭਾਜਪਾ ਨੂੰ ਦਿੱਤਾ ਸਮਰਥਨ

ਵਾਲਮੀਕਿ ਤੀਰਥ

ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ (ਅੰਬੇਦਕਰ) ਵੀ ਆਈ ਭਾਜਪਾ ਉਮੀਦਵਾਰ ਦੇ ਸਮਰਥਨ ‘ਚ

ਭਾਜਪਾ ਨੇ ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਤਗੜਾ ਝਟਕਾ, ਕਈ ਆਗੂਆਂ ਤੇ ਉਨ੍ਹਾਂ ਦੇ ਸਮਰਥਕਾਂ ਨੇ ਫੜਿਆ ਕਮਲ

ਜਲੰਧਰ 1 ਮਈ (ਜਸਵਿੰਦਰ ਸਿੰਘ ਆਜ਼ਾਦ)- ਕੇਂਦਰੀ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਰਜੁਨ ਰਾਮ ਮੇਘਵਾਲ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਸ੍ਰੀ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਟਰੱਸਟ ਸ੍ਰੀ ਵਾਲਮੀਕਿ ਤੀਰਥ ਅੰਮ੍ਰਿਤਸਰ ਦੇ ਸੰਤ ਨਛੱਤਰ ਨਾਥ ਸ਼ੇਰਗਿੱਲ ਨੇ ਆਪਣੇ ਸ਼ਰਧਾਲੂਆਂ ਅਤੇ ਸੈਂਕੜੇ ਸਮਰਥਕਾਂ ਸਮੇਤ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ (ਅੰਬੇਦਕਰ) ਦੇ ਸੂਬਾ ਪ੍ਰਧਾਨ ਵਿਕਾਸ ਹੰਸ ਨੇ ਆਪਣੀ ਸਮੁੱਚੀ ਕੋਰ ਕਮੇਟੀ ਅਤੇ ਵਿਧਾਨ ਸਭਾ ਹਲਕਾ ਇੰਚਾਰਜਾਂ ਅਤੇ ਵਰਕਰਾਂ ਸਮੇਤ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਨ੍ਹਾਂ ਤੋਂ ਇਲਾਵਾ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਆਪੋ ਆਪਣੀਆਂ ਪਾਰਟੀਆਂ ਨੂੰ ਛੱਡ ਭਾਜਪਾ ਕਾ ਕਮਲ ਫੜ ਲਿਆ।

ਸੰਤ ਨਛੱਤਰ ਨਾਥ ਸ਼ੇਰਗਿੱਲ ਨੇ ਭਾਜਪਾ ਨੂੰ ਸਮਰਥਨ ਦੇਣ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਇੱਕ ਮਜਹਬੀ ਸਿੱਖ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਲਈ ਉਹ ਸਮੁੱਚੇ ਸਮਾਜ ਨੂੰ ਅਪੀਲ ਕਰਦੇ ਹਨ ਕਿ ਉਹ ਅਟਵਾਲ ਦੀ ਜਿੱਤ ਲਈ ਆਪਣੀ ਪੂਰੀ ਤਾਕਤ ਲਗਾਉਣ ਅਤੇ ਉਹਨਾਂ ਨੂੰ ਵੋਟ ਪਾ ਕੇ ਜੇਤੂ ਬਣਾਉਣ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇੱਕ ਦਲਿਤ ਵਿਅਕਤੀ ਨੂੰ ਉਮੀਦਵਾਰ ਬਣਾ ਕੇ ਸਮੁੱਚੇ ਸਮਾਜ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ।

13 ਮਈ ਤੋਂ ਬਾਅਦ ਪਾਰਟੀ ਦੇ ਅਗਲੇ ਫੈਸਲੇ ਦਾ ਐਲਾਨ ਕੀਤਾ ਜਾਵੇਗਾ

ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ (ਅੰਬੇਦਕਰ) ਦੇ ਪ੍ਰਧਾਨ ਵਿਕਾਸ ਹੰਸ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਸਮੁੱਚੀ ਕੋਰ ਕਮੇਟੀ ਅਤੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਅਤੇ ਵਰਕਰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜਿਤਾਉਣ ਲਈ 10 ਮਈ ਤੱਕ ਆਪਣੀ ਪੂਰੀ ਤਾਕਤ ਲਗਾ ਦੇਣਗੇ। ਫਿਰ 13 ਮਈ ਤੋਂ ਬਾਅਦ ਪਾਰਟੀ ਦੇ ਅਗਲੇ ਫੈਸਲੇ ਦਾ ਐਲਾਨ ਕੀਤਾ ਜਾਵੇਗਾ।

ਅਰਜੁਨ ਰਾਮ ਮੇਘਵਾਲ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਜਨ ਕਲਿਆਣ ਨੀਤੀਆਂ ਵਿੱਚੋਂ ਇੱਕ ਵਿੱਚ ਗਰੀਬਾਂ ਨੂੰ ਤਰਜੀਹ ਦੇਣਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਵੀ ਇਹੀ ਮਿਸ਼ਨ ਸੀ ਕਿ ਵਾਂਝੇ ਲੋਕਾਂ ਨੂੰ ਪਹਿਲ ਦਿੱਤੀ ਜਾਵੇI ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਹਨਾਂ ਦੇ ਇਸੇ ਮਿਸ਼ਨ ਨੂੰ ਲੈ ਕੇ ਅੱਗੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਸਾਰਿਆਂ ਦਾ ਸੁਆਗਤ ਅਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਹਰ ਰੋਜ਼ ਸਿਆਸੀ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਦੇ ਲੋਕ ਵੱਡੀ ਗਿਣਤੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਦਾ ਮੁੱਖ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਭਾਜਪਾ ਸ਼ਾਸਤ ਰਾਜਾਂ ਵਿੱਚ ਤੇਜ਼ੀ ਨਾਲ ਹੋ ਰਿਹਾ ਵਿਕਾਸ ਹੈ। ਜੀਵਨ ਗੁਪਤਾ ਨੇ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ, ਉਸ ਤੋਂ ਸਪੱਸ਼ਟ ਹੈ ਕਿ ਜਲੰਧਰ ਲੋਕ ਸਭਾ ਜਿਮਨੀ ਚੋਣ ‘ਚ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਯਕੀਨੀ ਤੌਰ ‘ਤੇ ਜਿੱਤਣਗੇ।

ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਸਾਬਕਾ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਜਿਸ ਤਰ੍ਹਾਂ ਲੋਕ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੱਡੀ ਗਿਣਤੀ ਵਿੱਚ ਸਮਰਥਨ ਦੇ ਰਹੇ ਹਨ, ਉਸ ਤੋਂ ਭਾਜਪਾ ਦੀ ਜਿੱਤ ਯਕੀਨੀ ਹੈ।

Leave a Reply

Your email address will not be published. Required fields are marked *